ਖੇਤੀਬਾੜੀ `ਚ ਮਸ਼ੀਨਾਂ ਤੇ ਸੰਦਾਂ ਦੀ ਬਹੁਤ ਮਹੱਤਤਾ ਹੁੰਦੀ ਹੈ। ਇਨ੍ਹਾਂ ਤੋਂ ਬਿਨਾਂ ਖੇਤੀ ਕਰਨਾ ਮੁਸ਼ਕਲ ਹੀ ਨਹੀਂ ਸਗੋਂ ਅਸੰਭਵ ਲਗਦਾ ਹੈ। ਇਸ ਲਈ ਸਹੀ ਮਸ਼ੀਨਾਂ ਤੇ ਕੰਮ ਦੇ ਅਧਾਰਤ ਮਸ਼ੀਨਾਂ ਦੀ ਚੋਣ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ। ਜ਼ਿਆਦਾਤਰ ਕਿਸਾਨਾਂ ਨੂੰ ਆਪਣੇ ਖੇਤੀ ਕਾਰਜਾਂ ਲਈ ਸਹੀ ਮਸ਼ੀਨਾਂ ਜਾਂ ਸੰਦਾ ਦੀ ਚੋਣ ਕਰਨ `ਚ ਕਈ ਮੁਸ਼ਕਿਲਾਂ ਆਉਂਦੀਆਂ ਹਨ।
ਕਿਸਾਨਾਂ ਦੀਆਂ ਇਨ੍ਹਾਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਅੱਜ ਅਸੀਂ ਤੁਹਾਡੇ ਲਈ ਪੀ.ਏ.ਯੂ ਵੱਲੋਂ ਜਾਰੀ ਕੀਤੀਆਂ ਖੇਤੀ ਸੰਦਾਂ ਤੇ ਮਸ਼ੀਨਾਂ ਦੀਆਂ ਸਿਫ਼ਾਰਸ਼ਾਂ ਬਾਰੇ ਪੂਰੀ ਜਾਣਕਾਰੀ ਲੈ ਕੇ ਆਏ ਹਾਂ। ਇਨ੍ਹਾਂ ਰਾਹੀਂ ਖੇਤੀਬਾੜੀ `ਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਤੇ ਸੰਦਾਂ ਦੀ ਵਰਤੋਂ ਸਬੰਧੀ ਤੁਹਾਡੇ ਸਾਰੇ ਸਵਾਲਾਂ ਦਾ ਜਵਾਬ ਮਿਲ ਜਾਵੇਗਾ। ਤਾਂ ਆਓ ਇਨ੍ਹਾਂ ਬਾਰੇ ਵਿਸਥਾਰ `ਚ ਜਾਣਦੇ ਹਾਂ।
ਖੇਤੀ ਸੰਦਾਂ ਤੇ ਮਸ਼ੀਨਾਂ ਦੀ ਵਰਤੋਂ ਸਬੰਧੀ ਸਿਫ਼ਾਰਸ਼ਾਂ:
• ਮਸ਼ੀਨ ਦੀ ਚੋਣ, ਅਕਾਰ ਅਤੇ ਡਰਾਫਟ ਤੇ ਨਿਰਭਰ ਹੋਣੀ ਚਾਹੀਦੀ ਹੈ ਜੋ ਕਿ ਟ੍ਰੈਕਟਰ ਦੀ ਤਾਕਤ ਅਨੁਸਾਰ ਕਰਨੀ ਚਾਹੀਦੀ ਹੈ।
• ਮਸ਼ੀਨਾਂ ਜਾਂ ਸੰਦਾਂ ਨੂੰ ਖ਼ਰੀਦਣ ਵੇਲੇ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ: ਬਨਾਵਟ, ਖੇਤ ਦੀ ਕਿਸਮ, ਵੱਖ-ਵੱਖ ਪੁਰਜ਼ਿਆਂ ਦੀ ਅਸਾਨੀ ਨਾਲ ਪ੍ਰਾਪਤੀ ਅਤੇ ਕੰਮ ਕਰਨ ਦਾ ਖ਼ਰਚਾ (ਪ੍ਰਤੀ ਘੰਟੇ ਦੇ ਹਿਸਾਬ ਜਾਂ ਇਕ ਏਕੜ ਦੇ ਹਿਸਾਬ ਨਾਲ)।
• ਮਸ਼ੀਨਾਂ, ਸੰਦਾਂ ਅਤੇ ਟ੍ਰੈਕਟਰਾਂ ਉੱਤੇ ਕਾਫ਼ੀ ਪੈਸਾ ਖ਼ਰਚ ਹੁੰਦਾ ਹੈ। ਇਸ ਕਰਕੇ ਉਨ੍ਹਾਂ ਦੀ ਦੇਖਭਾਲ ਵਰਤੋਂ ਤੋਂ ਬਾਅਦ ਚੰਗੀ ਤਰ੍ਹਾਂ ਧਿਆਨ ਨਾਲ ਕਰਨੀ ਚਾਹੀਦੀ ਹੈ। ਅਪਰੇਟਰ-ਮੈਨੂਅਲ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ। ਗੱਲਾਂ ਨੂੰ ਮੁੱਖ ਰੱਖਣ ਨਾਲ ਮਸ਼ੀਨਾਂ ਸਾਰੀ ਉਮਰ ਚੰਗਾ ਕੰਮ ਕਰਨਗੀਆਂ।
• ਖਾਦ ਅਤੇ ਬਿਜਾਈ ਦੀਆਂ ਮਸ਼ੀਨਾਂ, ਟ੍ਰੈਕਟਰਾਂ ਅਤੇ ਸਪਰੇ ਪੰਪਾਂ ਨੂੰ ਵਰਤਣ ਤੋਂ ਪਹਿਲਾਂ ਕੈਲੀਬਰੇਸ਼ਨ (ਸੁਧਾਈ) ਕਰਨੀ ਚਾਹੀਦੀ ਹੈ।
• ਟ੍ਰੈਕਟਰ ਅਤੇ ਤੇਜ਼ ਗਤੀ ਨਾਲ ਕੰਮ ਕਰਨ ਵਾਲੀਆਂ ਖੇਤੀਬਾੜੀ ਦੀਆਂ ਮਸ਼ੀਨਾਂ ਨੂੰ ਚੱਲਣ ਵੇਲੇ ਸੁਰੱਖਿਆ ਦੇ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਤਾਂ ਕਿ ਕਿਸੇ ਜਾਨ ਜਾਂ ਪੈਸੇ ਦਾ ਨੁਕਸਾਨ ਨਾ ਹੋਵੇ।
ਬੀਜ-ਖਾਦ ਡਰਿੱਲ:
ਬੀਜ-ਖਾਦ ਡਰਿੱਲ ਦੀ ਚੋਣ ਸਮੇਂ ਹੇਠ ਲਿਖੀਆਂ ਗੱਲਾਂ ਦਾ ਖਿਆਲ ਰੱਖਣਾ ਚਾਹੀਦਾ ਹੈ:
• ਫ਼ਸਲਾਂ ਬੀਜਣ ਲਈ ਕਤਾਰ ਤੋਂ ਕਤਾਰ ਦਾ ਫ਼ਾਸਲਾ ਘੱਟ-ਵੱਧ ਕਰਨ ਦੀ ਸਹੂਲਤ ਹੋਣੀ ਚਾਹੀਦੀ ਹੈ।
• ਬਿਜਾਈ ਦੀ ਡੂੰਘਾਈ ਨੂੰ ਘੱਟ-ਵੱਧ ਕਰਨ ਦੀ ਸਹੂਲਤ ਵੀ ਹੋਣੀ ਚਾਹੀਦੀ ਹੈ।
• ਮਸ਼ੀਨ ਦੀ ਕੇਰਨ ਪ੍ਰਣਾਲੀ ਦੀ ਬਨਾਵਟ ਸਹੀ ਹੋਣੀ ਚਾਹੀਦੀ ਹੈ ਤਾਂ ਜੋ ਦਾਣਿਆਂ ਨੂੰ ਨੁਕਸਾਨ ਨਾ ਹੋਵੇ।
• ਮਸ਼ੀਨ ਦੀ ਹਰੇਕ ਮੋਰੀ ਵਿੱਚੋਂ ਇਕੋ ਜਿਹੀ ਬੀਜ/ਖਾਦ ਦੀ ਮਾਤਰਾ ਨਿਕਲਦੀ ਹੋਵੇ।
• ਖਾਦ-ਬਕਸੇ ਵਿੱਚ ਖਾਦ ਹਿਲਾਉਣ ਵਾਲਾ ਜੰਤਰ ਠੀਕ ਹੋਣਾ ਚਾਹੀਦਾ ਹੈ ਤਾਂ ਕਿ ਖਾਦ ਡਿੱਗਣ ਵੇਲੇ ਅੜੇ ਨਾ।
• ਖਾਦ ਅਤੇ ਬੀਜ ਦੇ ਬਕਸਿਆਂ ਵਿੱਚੋਂ ਖਾਦ ਬੀਜ ਦਾ ਵਹਾਅ ਬੰਦ ਕਰਨ ਦੀ ਸਹੂਲਤ ਹੋਣੀ ਚਾਹੀਦੀ ਹੈ।
ਖਾਦ-ਬੀਜ ਡਰਿੱਲਾਂ ਦੀ ਸਹੀ ਚੋਣ ਵਾਸਤੇ, ਯੂਨੀਵਰਸਿਟੀ ਦੇ ਮਸ਼ੀਨ ਪ੍ਰੀਖਣ ਕੇਂਦਰ ਵੱਲੋਂ ਜਾਰੀ ਕੀਤੀਆਂ ਰਿਪੋਰਟਾਂ ਦੀ ਮਦਦ ਲੈਣੀ ਚਾਹੀਦੀ ਹੈ।
ਬੀਜ-ਖਾਦ ਡਰਿੱਲ ਦੀ ਸੁਧਾਈ:
ਸੁਧਾਈ ਤੋਂ ਭਾਵ ਮਸ਼ੀਨ ਨੂੰ ਇਸ ਤਰ੍ਹਾਂ ਸੈੱਟ ਕਰਨਾ ਹੈ, ਜਿਸ ਦੁਆਰਾ ਖਾਦ ਦੇ ਬੀਜ ਦੀ ਠੀਕ ਮਾਤਰਾ ਪਾਈ ਜਾ ਸਕੇ। ਭਾਵੇਂ ਡਰਿਲਾਂ ਬਣਾਉਣ ਵਾਲੇ ਇਸ ਨੂੰ ਠੀਕ ਸੈੱਟ ਕਰ ਦਿੰਦੇ ਹਨ, ਪਰ ਫਿਰ ਵੀ ਏਧਰ ਓਧਰ ਲਿਜਾਉਣ ਨਾਲ ਇਸ ਦੀ ਸੁਧਾਈ ਨੁਕਸਦਾਰ ਹੋ ਜਾਂਦੀ ਹੈ, ਨਾਲ ਹੀ ਇਕ ਵਾਰ ਸੈੱਟ ਕੀਤੀ ਡਰਿਲ ਸਾਰੀਆਂ ਕਿਸਮਾਂ ਦੇ ਬੀਜਾਂ ਦੇ ਕੇਰਨ ਲਈ ਠੀਕ ਨਹੀਂ ਬੈਠੇਗੀ
ਇਹ ਵੀ ਪੜ੍ਹੋ : ਪੰਜਾਬ ਵਿਚ ਖੇਤੀ ਸੰਦਾਂ ’ਤੇ ਮਿਲਦੀ ਸਬਸਿਡੀ 'ਤੇ ਵੱਡਾ ਰੌਲਾ, ਬਸ ਇਹਨੇ ਹੀ ਕਿਸਾਨਾਂ ਦੀਆਂ ਹੋਇਆ ਅਰਜ਼ੀਆਂ ਮਨਜ਼ੂਰ
ਸੁਧਾਈ ਦਾ ਢੰਗ:
• ਜੈੱਕ (ਠੁੰਮਣਾ) ਲਾ ਕੇ ਡਰਿਲ ਨੂੰ ਉੱਚਾ ਚੁੱਕੋ ਅਤੇ ਵੇਖੋ ਕਿ ਇਸ ਦੇ ਪਹੀਏ ਠੀਕ ਤਰ੍ਹਾਂ ਘੁੰਮਦੇ ਹਨ। ਨਾਲ ਹੀ ਦਾਣਿਆਂ ਅਤੇ ਖਾਦ ਵਾਲੀ ਲੱਠ ਵੀ ਚੰਗੀ ਤਰ੍ਹਾਂ ਫਿਰਦੀ ਹੈ।
• ਹਰ ਬੀਜ ਵਾਲੀ ਨਾਲੀ ਥੱਲੇ ਕੋਈ ਬੋਰੀ, ਕੱਪੜਾ ਜਾਂ ਭਾਂਡਾ ਰੱਖੋ।
• ਪਹੀਏ ਦਾ ਘੇਰਾ ਮਾਪੋ। ਇਹ ਇਕ ਚੱਕਰ ਕੱਟਣ ਨਾਲ ਕੀਤਾ ਗਿਆ ਫ਼ਾਸਲਾ ਪ੍ਰਗਟਾਉਂਦਾ ਹੈ।
• ਪਿਛੋਂ ਡਰਿਲ ਦੇ ਸਾਈਜ਼ ਦਾ ਪਤਾ ਕਰੋ। ਡਰਿਲ ਦਾ ਸਾਈਜ਼, ਡਰਿਲ ਦੇ ਫਾਲਿਆਂ ਵਿਚਕਾਰ ਫ਼ਾਸਲੇ ਨਾਲ ਫ਼ਾਲਿਆਂ ਦੀ ਗਿਣਤੀ ਜ਼ਰਬ (ਗੁਣਾ) ਦੇਣ ਨਾਲ ਕੱਢਿਆ ਜਾ ਸਕਦਾ ਹੈ।
• ਪਿਛੋਂ ਇਕ ਏਕੜ ਜ਼ਮੀਨ ਕੇਰਨ ਲਈ ਪਹੀਏ ਦੇ ਜਿੰਨੇ ਚੱਕਰ ਲੋੜੀਂਦੇ ਹੋਣ, ਫਾਰਮੂਲੇ ਦੁਆਰਾ ਕੱਢੋ।
• ਇਸ ਪ੍ਰਕਾਰ ਆਂਕੜੇ ਜਿਹੜੇ ਆਉਣ ਉਨ੍ਹਾਂ ਨੂੰ 9/10 ਨਾਲ ਗੁਣਾ ਕਰੋ। ਇਸ ਤਰ੍ਹਾਂ ਕਰਨ ਨਾਲ ਪਹੀਏ ਦੇ ਤਿਲਕਣ ਦੀ ਘਾਟ ਵੀ ਪੂਰੀ ਕੀਤੀ ਜਾ ਸਕਦੀ ਹੈ।
• ਪਹੀਏ ਦੇ ਰਿੰਮ ਉੱਪਰ ਨਿਸ਼ਾਨ ਲਾਉ ਅਤੇ ਇਕ ਏਕੜ ਦੀ ਬਿਜਾਈ ਲਈ ਜਿੰਨੇ ਚੱਕਰ ਕੱਟਣੇ ਹੋਣ, ਉਨ੍ਹਾਂ ਦੇ ਦਸਵੇਂ ਹਿੱਸੇ ਦੀ ਗਿਣਤੀ ਦੇ ਬਰਾਬਰ ਪਹੀਏ ਨੂੰ ਘੁਮਾਓ। ਬੀਜ-ਨਾਲੀਆਂ ਥੱਲੇ ਰੱਖੋ ਹਰ ਇਕ ਭਾਂਡੇ ਵਿਚਲੇ ਬੀਜ ਨੂੰ ਇਕੱਠਾ ਕਰਕੇ ਵੱਖ-ਵੱਖ ਤੋਲੋ।
• ਪ੍ਰਤੀ ਏਕੜ ਬੀਜ ਦੀ ਮਾਤਰਾ ਕੱਢਣ ਲਈ 10 ਨਾਲ ਗੁਣਾਂ ਕਰੋ।
• ਜੇਕਰ ਹਰ ਇਕ ਭਾਂਡੇ ਦਾ ਬੀਜ ਇਕੋ ਜਿਹਾ ਨਾ ਨਿਕਲੇ ਤਾਂ ਸਮਝੋ ਕਿ ਬੀਜ ਕੇਰਨ ਵਾਲੇ ਯੰਤਰ ਵਿੱਚ ਕੋਈ ਨੁਕਸ ਹੈ। ਕੁਲ ਇਕੱਠੇ ਕੀਤੇ ਬੀਜ ਨੂੰ ਦਸ ਨਾਲ ਗੁਣਾ ਕਰਨ ਨਾਲ ਇਕ ਏਕੜ ਬੀਜ ਦੀ ਮਾਤਰਾ ਕੱਢੀ ਜਾ ਸਕਦੀ ਹੈ।
• ਬੀਜ ਦੇ ਡੱਬੇ ਨਾਲ ਸਬੰਧਤ ਲੀਵਰ ਨੂੰ ਦਾਣਿਆਂ ਦੀ ਠੀਕ ਮਾਤਰਾ ਲਈ ਅੱਗੇ ਪਿੱਛੇ ਕਰੋ। ਜੇਕਰ ਬੀਜ ਇਕ ਏਕੜ ਦੀ ਬਿਜਾਈ ਲਈ ਘੱਟ ਜਾਪੇ ਤਾਂ ਲੀਵਰ ਨੂੰ ਥੋੜ੍ਹਾ ਜਿਹਾ ਵਾਧੇ ਵਾਲੇ ਪਾਸੇ ਕਰੋ ਅਤੇ ਇਸ ਤਰ੍ਹਾਂ ਦੂਸਰੀ ਸੂਰਤ ਵਿੱਚ ਘਾਟੇ ਵਲੇ ਪਾਸੇ ਮੋੜੋ।
• ਇਸ ਪ੍ਰਕਾਰ ਦੋ ਵਾਰ ਲੀਵਰ ਨੂੰ ਸੈੱਟ ਕਰਕੇ ਵੇਖੋ ਤਾਂ ਕਿ ਬੀਜ ਦੀ ਠੀਕ ਮਾਤਰਾ ਕੇਰੀ ਜਾ ਸਕੇ।
• ਖਾਦ ਲਈ ਡਰਿਲ ਨੂੰ ਏਸੇ ਪ੍ਰਕਾਰ ਸੋਧੋ ਜਿਵੇਂ ਉੱਪਰ ਦੱਸਿਆ ਗਿਆ ਹੈ
ਕੰਬਾਈਨ ਹਾਰਵੈਸਟਰ:
ਬਹੁਤ ਥੋੜੇ ਕਿਸਾਨਾਂ ਕੋਲ ਆਪਣੇ ਕੰਬਾਈਨ ਹਾਰਵੈਸਟਰ ਹਨ। ਜ਼ਿਆਦਾਤਰ ਕੰਬਾਇਨਾਂ ਨੂੰ ਕਿਰਾਏ ਤੇ ਚਲਾਇਆ ਜਾਂਦਾ ਹੈ। ਕੰਬਾਈਨ ਵਿੱਚ ਦਾਣਿਆਂ ਦਾ ਹੇਠ ਲਿਖੇ ਥਾਵਾਂ ਤੋਂ ਨੁਕਸਾਨ ਹੋ ਸਕਦਾ ਹੈ:
1. ਕਟਰ ਬਾਰ: ਜੇ ਕੰਬਾਈਨ ਪਿੱਛੋਂ ਛੱਡੇ ਸਾਰੇ ਕੱਖ ਕਣ ਚੁਣ ਲਏ ਜਾਣ ਤਾਂ ਦਾਣਿਆਂ ਦਾ ਨੁਕਸਾਨ ਧਰਤੀ ਉੱਪਰ ਨਜ਼ਰ ਆ ਸਕਦਾ ਹੈ। ਇਸ ਨੁਕਸਾਨ ਨੂੰ ਕਟਰ ਬਾਰ ਦੀ ਰੀਲ ਨੂੰ ਸੈੱਟ ਕਰਕੇ ਜਾਂ ਕੰਬਾਈਨ ਦੀ ਰਫ਼ਤਾਰ ਘਟਾ ਕੇ ਠੀਕ ਕੀਤਾ ਜਾ ਸਕਦਾ ਹੈ।
2. ਮਸ਼ੀਨ ਦੇ ਪਿਛੇ: ਇਹ ਨੁਕਸਾਨ ਅਣਝੜੇ ਸਿੱਟਿਆਂ ਜਾਂ ਖਿੱਲਰੇ ਹੋਏ ਦਾਣਿਆਂ ਦੇ ਰੂਪ ਵਿੱਚ ਦੇਖਿਆ ਜਾ ਸਕਦਾ ਹੈ। ਅਣਝੜੇ ਸਿੱਟਿਆਂ ਦਾ ਮਤਲਬ ਇਹ ਹੁੰਦਾ ਹੈ ਕਿ ਸਿਲੰਡਰ ਸਪੀਡ ਤੇ ਸਿਲੰਡਰ ਦੀ ਕਮਾਣੀ ਚੰਗੀ ਤਰ੍ਹਾਂ ਸੈੱਟ ਨਹੀਂ ਹੋਈ। ਦਾਣਿਆ ਦਾ ਕੇਰਾ ਬੰਦ ਹੋਈ ਛਾਨਣੀ ਜਾਂ ਹਵਾ ਦੇ ਤੇਜ਼ ਬੁੱਲਿਆਂ ਤੇ ਜਾਂ ਫਿਰ ਦੋਹਾਂ ਹੀ ਕਾਰਨਾਂ ਕਰਕੇ ਵੇਖਣ ਵਿੱਚ ਆਉਂਦਾ ਹੈ। ਮਸ਼ੀਨ ਦੇ ਯੋਗ ਐਡਜੈਸਟਮੈਂਟ ਦੇ ਫ਼ਸਲ ਦੇ ਸੰਘਣੇ-ਪਣ ਅਨੁਸਾਰ ਮਸ਼ੀਨ ਦੀ ਰਫ਼ਤਾਰ ਠੀਕ ਕਰਕੇ ਇਹ ਘਾਟ ਪੂਰੀ ਕੀਤੀ ਜਾ ਸਕਦੀ ਹੈ।
3. ਸਿਲੰਡਰ ਦੀ ਜ਼ਿਆਦਾ ਸਪੀਡ ਜਾਂ ਨਿਕਾਸ ਛਾਨਣੀ ਗੰਡਾਸਿਆਂ ਦੀ ਗਲਤ ਸੈਟਿੰਗ ਕਾਰਨ ਦਾਣਿਆਂ ਵਿੱਚ ਕੱਖ ਕਣ ਰਹਿ ਜਾਂਦਾ ਹੈ ਅਤੇ ਦਾਣੇ ਟੁੱਟ ਵੀ ਜਾਂਦੇ ਹਨ।
ਮੋੜਾਂ, ਫ਼ਸਲ ਤੇ ਸੰਘਣੇਪਣ, ਫ਼ਸਲ ਦੀ ਹਾਲਤ (ਢਏ ਅਤੇ ਅਣਢਏ ਹੋਣ) ਮੁਤਾਬਿਕ ਅਤੇ ਵੱਟਾਂ ਨੇੜੇ ਧਰਤੀ ਤੇ ਤਲ ਦੀ ਪੱਧਰ ਦੇ ਅਨੁਸਾਰ ਕੰਬਾਈਨ ਦੀ ਐਡਜੈਸਟਮੈਂਟ ਦਾ ਕੰਮ ਬਹੁਤ ਨਾਜ਼ੁਕ ਹੁੰਦਾ ਹੈ। ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਨੁਕਸਾਨ ਦਾ ਮੋਟਾ ਜਿਹਾ ਅੰਦਾਜ਼ਾ ਲਾਉਣ ਲਈ ਇਕ ਵਰਗ ਮੀਟਰ ਰਕਬਾ ਮਿਣ ਕੇ ਉਸ ਵਿੱਚੋਂ ਕੰਬਾਈਨ ਦੁਆਰਾ ਛੱਡੀ ਗਈ ਸਮੱਗਰੀ ਇਕੱਠੀ ਕਰੋ। ਉਸ ਵਿੱਚੋਂ ਦਾਣੇ ਅੱਡ ਕਰਕੇ ਗ੍ਰਾਮਾਂ ਵਿੱਚ ਤੋਲੋ। ਇੱਕ ਹੈਕਟਰ ਪਿਛੇ ਹੋਇਆ ਨੁਕਸਾਨ ਕਿਲੋ ਗ੍ਰਾਮਾਂ ਵਿੱਚ ਮਾਪਣ ਲਈ ਗ੍ਰਾਮਾਂ ਨੂੰ 10 ਨਾਲ ਗੁਣਾ ਕਰੋ ਜਾਂ ਫਿਰ ਇਹ ਘਾਟਾ ਇਕ ਮੀਟਰ ਦੀ ਥਾਂ ਵਿੱਚੋਂ, ਇਕੱਠੇ ਕੀਤੇ ਦਾਣਿਆਂ ਦੀ ਗਿਣਤੀ ਨਾਲ ਕਰੋ। ਇੱਕ ਵਰਗ ਮੀਟਰ ਪਿਛੇ ਸੌ ਦਾਣਿਆਂ ਦਾ ਮਤਲਬ ਇਕ ਹੈਕਟਰ ਪਿਛੇ ਲਗਪਗ 40 ਕਿਲੋ ਕਣਕ ਦਾ ਨੁਕਸਾਨ ਹੁੰਦਾ ਹੈ।
ਟਰੈਕਟਰ ਵਿੱਚ ਡੀਜ਼ਲ ਦੀ ਬੱਚਤ ਲਈ ਨੁਕਤੇ:
• ਟਰੈਕਟਰ ਦੀ ਸਹੀ ਦੇਖਭਾਲ ਨਾ ਕਰਨਾ ਮਤਲਬ 25% ਵੱਧ ਤੇਲ ਲਗਣਾ।
• ਟਰੈਕਟਰ ਵਿੱਚ ਡੀਜ਼ਲ ਲੀਕ ਹੋਣ ਤੋਂ ਰੋਕੋ।
• ਟਰੈਕਟਰ ਨੂੰ ਗਲਤ ਗੀਅਰ ਵਿੱਚ ਚਲਾਉਣ ਨਾਲ ਵੀ 30 ਪ੍ਰਤੀਸ਼ਤ ਡੀਜ਼ਲ ਵੱਧ ਬਲਦਾ ਹੈ।
• ਟਰੈਕਟਰ ਦਾ ਧੂੰਆਂ ਮਾਰਨਾ ਮਤਲਬ 20% ਵੱਧ ਤੇਲ ਖਪਤ ਹੋ ਰਿਹਾ ਹੈ।
• ਹਵਾ ਦਾ ਫਿਲਟਰ ਸਾਫ਼ ਰੱਖੋ ਤਾਂ ਜੋ ਪਿਸਟਨ ਦੀ ਘਸਾਈ ਅਤੇ ਡੀਜ਼ਲ ਦੀ ਖਪਤ ਵੀ ਘਟੇ।
• ਪਹੀਆਂ ਦੀ ਸਲਿਪ ਨੂੰ ਰੋਕਣ ਲਈ ਹਵਾ ਦਾ ਸਹੀ ਦਬਾਅ, ਦੇਗੀ-ਭਾਰ ਦੀ ਵਰਤੋਂ ਅਤੇ ਵਾਟਰ ਬਲਾਸਟ ਦਾ ਇਸਤੇਮਾਲ ਮੈਨੂਫੈਕਚਰਰ ਦੀਆਂ ਸਿਫ਼ਾਰਸਾਂ ਅਨੁਸਾਰ ਹੋਣਾ ਚਾਹੀਦਾ ਹੈ।
• ਘਸੇ ਟਾਇਰਾਂ ਨੂੰ ਮੁੜ ਗੁਡੀਆਂ ਚੜ੍ਹਵਾਓ ਜਾਂ ਬਦਲੋ।
• ਟਰੈਕਟਰ ਨੂੰ ਸਹੀ ਥਰਾਟਲ ਸੈਟਿੰਗ ਉਤੇ ਚਲਾਓ ਅਤੇ ਸਹੀ ਪੀ.ਟੀ.ਓ. ਸਪੀਡ ਨਾਲ ਅਤੇ ਥਰੈਸ਼ਰ ਅਤੇ ਟਿਊਬਵੈੱਲ ਚਲਾਓ।
Summary in English: Know about recommendations of agricultural implements and machines from PAU