Good News: ਪੰਜਾਬ ਦੇ ਕਰੋੜਾਂ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਹੈ। ਦਰਅਸਲ, ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਾਉਣੀ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19,114 ਕਿਸਾਨਾਂ ਨੇ ਡੀਐਸਆਰ ਪੋਰਟਲ 'ਤੇ 1,72,049 ਏਕੜ ਜ਼ਮੀਨ ਦੀ ਰਜਿਸਟ੍ਰੇਸ਼ਨ ਕਰਵਾਈ ਸੀ।
ਉਨ੍ਹਾਂ ਦੱਸਿਆ ਕਿ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀ.ਐਸ.ਆਰ. ਤਹਿਤ 1,33,745.67 ਏਕੜ ਰਕਬਾ ਤਸਦੀਕ ਕੀਤਾ ਗਿਆ ਹੈ।
ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਡੀ.ਐਸ.ਆਰ ਵਿਧੀ ਅਪਣਾਉਣ ਲਈ ਪ੍ਰੇਰਿਤ ਕਰ ਰਹੀ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਚਾਲੂ ਸਾਲ 2023-24 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਹੁਣ ਇਹ ਰਾਸ਼ੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕਰ ਦਿੱਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 19.83 ਕਰੋੜ ਰੁਪਏ ਦੀ ਸਫਲਤਾਪੂਰਵਕ ਅਦਾਇਗੀ ਕੀਤੀ ਗਈ ਹੈ। ਇਸ ਅਦਾਇਗੀ ਤੋਂ ਬਾਅਦ ਹੁਣ ਤੱਕ ਕਿਸਾਨਾਂ ਨੂੰ 98.8 ਫੀਸਦੀ ਰਾਸ਼ੀ ਦਾ ਭੁਗਤਾਨ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਾਸ਼ੀ ਵੀ ਜਲਦ ਹੀ ਟਰਾਂਸਫਰ ਕਰ ਦਿੱਤੀ ਜਾਵੇਗੀ।
ਇਹ ਵੀ ਪੜੋ: Krishi Vigyan Kendra Amritsar 'ਚ ਜਨਵਰੀ ਮਹੀਨੇ 'ਚ ਲੱਗਣ ਵਾਲੇ ਸਿਖਲਾਈ ਕੋਰਸਾਂ ਦਾ ਪੂਰਾ ਵੇਰਵਾ ਇੱਥੇ ਜਾਣੋ
ਜ਼ਿਕਰਯੋਗ ਹੈ ਕਿ ਧਰਤੀ ਹੇਠਲੇ ਪਾਣੀ ਅਤੇ ਵਾਤਾਵਰਨ ਵਰਗੇ ਦੁਰਲੱਭ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬੀਜਾਈ (Direct Seeding of Rice ਯਾਨੀ DSR) ਤਕਨੀਕ ਰਾਹੀਂ ਆਪਣੇ ਖੇਤਾਂ ਵਿੱਚ ਝੋਨਾ ਬੀਜਣ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਦੇਣ ਲਈ ਕੁੱਲ 450 ਕਰੋੜ ਰੁਪਏ ਦੀ ਰਾਸ਼ੀ ਨਿਰਧਾਰਤ ਕੀਤੀ ਸੀ। ਸੂਬਾ ਸਰਕਾਰ ਨੇ ਡੀਐਸਆਰ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਦੇਣ ਦਾ ਐਲਾਨ ਕੀਤਾ ਸੀ।
Summary in English: Appreciable initiative of Punjab Government, transfer of 19.83 crore rupees in the bank accounts of farmers