ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਜਾਰੀ ਹੈ। ਮੋਰਚੇ ਦੇ ਸੱਤਵੇਂ ਦਿਨ ‘ਲਲਕਾਰ ਦਿਵਸ’ ਮੌਕੇ ਸੰਗਰੂਰ ਵਿਖੇ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਰੈਲੀ ਕੱਢੀ ਤੇ ਪੰਜਾਬ ਸਰਕਾਰ ਨੂੰ ਲਲਕਾਰਿਆ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ 20 ਅਕਤੂਬਰ ਨੂੰ ਵੱਡਾ ਐਕਸ਼ਨ ਲੈਣ ਦਾ ਐਲਾਨ ਕੀਤਾ ਹੈ।
ਰੈਲੀ ਦੌਰਾਨ ਪੰਜਾਬ ਸਰਕਾਰ ਨੂੰ ਯਾਦ ਪੱਤਰ ਭੇਜਿਆ ਗਿਆ, ਜਿਸ `ਚ ਸੂਬਾ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ 19 ਅਕਤੂਬਰ ਤੱਕ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ 20 ਅਕਤੂਬਰ ਨੂੰ ਕਿਸਾਨਾਂ ਵੱਲੋਂ ਵੱਡਾ ਐਕਸ਼ਨ ਲਿੱਤਾ ਜਾਵੇਗਾ। ਇਹ ਯਾਦ ਪੱਤਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਪੜ੍ਹ ਕੇ ਪਾਸ ਕਰਵਾਇਆ ਗਿਆ।
ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਹਾਕਮਾਂ ਨੂੰ ਇਹ ਬਰਦਾਸ਼ਤ ਨਹੀਂ ਹੋ ਰਿਹਾ ਕਿ ਕਿਸਾਨ ਧਰਮਾਂ, ਜਾਤਾਂ-ਪਾਤਾਂ ਤੇ ਸਿਆਸਤਾਂ ਤੋਂ ਪਾਸੇ ਹੱਟ ਕੇ ਆਪਣੇ ਹੱਕਾਂ ਲਈ ਅੱਗੇ ਵੱਧ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹਾਕਮਾਂ ਵੱਲੋਂ ਲੋਕਾਂ ਦੇ ਏਕੇ ਨੂੰ ਤੋੜਨ ਲਈ ਯਤਨ ਕੀਤੇ ਜਾ ਰਹੇ ਹਨ, ਜਿਸ ਲਈ ਲੋਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ `ਚ ਚਾਲੂ ਸੀਜ਼ਨ ਦੌਰਾਨ ਮੰਡੀਆਂ `ਚ ਝੋਨੇ ਦੀ ਘਟੀ ਆਮਦ
ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨੀ ਮੰਗਾਂ ਲਾਗੂ ਕਰਾਉਣ ਲਈ ਪਿਛਲੇ ਇੱਕ ਹਫ਼ਤੇ ਤੋਂ ਅਣਮਿੱਥੇ ਸਮੇਂ ਲਈ ਚੱਲ ਰਿਹਾ ਪੱਕਾ ਮੋਰਚਾ ਲਗਾਤਾਰ ਜਾਰੀ ਰਹੇਗਾ। ਇਸ ਦੌਰਾਨ ਭਰਾਤਰੀ ਜਥੇਬੰਦੀਆਂ ਜੀਓਜੀ ਸਾਬਕਾ ਸੈਨਿਕ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਪੀਆਰਟੀਸੀ ਯੂਨੀਅਨ ਨੇ ਕਿਸਾਨ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
Summary in English: Farmers held a rally on the occasion of 'Challenge Day', announced a big action on October 20