Dairy Farming: ਡੇਅਰੀ ਫਾਰਮ ਦਾ ਕਾਰੋਬਾਰ ਇੱਕ ਰਵਾਇਤੀ ਕਾਰੋਬਾਰ ਹੈ। ਇਸ ਕਾਰੋਬਾਰ ਵਿੱਚ ਕਿਸਾਨਾਂ ਨੂੰ ਘੱਟ ਲਾਗਤ ਵਿੱਚ ਚੰਗਾ ਮੁਨਾਫਾ ਪ੍ਰਾਪਤ ਹੁੰਦਾ ਹੈ। ਜੇਕਰ ਤੁਸੀਂ ਪਿੰਡ ਵਿੱਚ ਰਹਿ ਕੇ ਚੰਗੇ ਕਾਰੋਬਾਰ ਜਾਂ ਰੁਜ਼ਗਾਰ ਦੀ ਤਲਾਸ਼ ਕਰ ਰਹੇ ਹੋ ਤਾਂ ਡੇਅਰੀ ਫਾਰਮ ਦਾ ਕਾਰੋਬਾਰ ਤੁਹਾਡੇ ਲਈ ਚੰਗਾ ਸਾਬਤ ਹੋ ਸਕਦਾ ਹੈ।
ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨਾਂ ਅਤੇ ਔਰਤਾਂ ਨੂੰ 02 ਹਫ਼ਤਿਆਂ ਦੀ ਡੇਅਰੀ ਸਿਖਲਾਈ ਦੇਣ ਲਈ 25 ਸਤੰਬਰ ਤੋਂ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਜੋ ਨੌਜਵਾਨ ਇਹ ਸਿਖਲਾਈ ਲੈਣਾ ਚਾਹੁੰਦੇ ਹਨ, ਉਹ 22 ਸਤੰਬਰ ਨੂੰ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਪਹੁੰਚ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਉਮੀਦਵਾਰਾਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ (ਲੁਧਿਆਣਾ) ਵਿਖੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨਾਂ ਦੀ ਉਮਰ 18 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਉਹ ਪੰਜਵੀਂ ਪਾਸ ਅਤੇ ਪੇਂਡੂ ਖੇਤਰ ਨਾਲ ਸਬੰਧਤ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Punjab ਦੇ 50 ਤੋਂ ਵੱਧ Progressive Farmers ਦਾ ਸਨਮਾਨ
ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਵਿਦਿਆਰਥੀ ਆਪਣੇ ਵਿਦਿਅਕ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ 'ਤੇ ਕਮਰਾ ਨੰਬਰ 406 ਸਥਿਤ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਵਿਖੇ ਰਿਪੋਰਟ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ, ਰੱਖ-ਰਖਾਅ, ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸਹੀ ਮੰਡੀਕਰਨ ਅਤੇ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01763-233334 'ਤੇ ਸੰਪਰਕ ਕਰ ਸਕਦੇ ਹੋ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਤਹਿਗੜ੍ਹ ਸਾਹਿਬ (District Public Relations Office Fatehgarh Sahib)
Summary in English: Good News for Livestock Farmers, dairy training course