ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੀ.ਏ.ਯੂ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਦੀ ਨਿਯੁਕਤੀ ਦੇ ਮਾਮਲੇ ’ਤੇ ‘ਆਪ’ ਸਰਕਾਰ ਖ਼ਿਲਾਫ਼ ਪਲਟ ਵਾਰ ਕੀਤਾ ਹੈ। ਰਾਜਪਾਲ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਪ ਕੁਲਪਤੀ ਨੂੰ ਅਹੁਦੇ ਤੋਂ ਹਟਾਉਣ ਲਈ ਚੇਤਾਵਨੀ ਜਾਰੀ ਕੀਤੀ ਹੈ।
ਪ੍ਰੈੱਸ ਕਾਨਫ਼ਰੰਸ `ਚ ਉਨ੍ਹਾਂ ਆਖਿਆ ਕਿ ਜੇਕਰ ਉਪ ਕੁਲਪਤੀ ਨੂੰ ਅਹੁਦੇ ਤੋਂ ਨਾ ਹਟਾਇਆ ਗਿਆ ਤਾਂ ਉਹ ਇਸ ਮਾਮਾਲੇ `ਤੇ ਕਾਨੂੰਨੀ ਕਾਰਵਾਈ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ’ਤੇ ਇਲਜ਼ਾਮ ਲਾਇਆ ਕਿ ਆਪ ਸਰਕਾਰ ਉਪ ਕੁਲਪਤੀ ਦੀ ਨਿਯੁਕਤੀ ਦੇ ਮਾਮਲੇ `ਚ ਰਾਜਪਾਲ ਦੇ ਅਧਿਕਾਰ ਖੇਤਰ ’ਚ ਦਖ਼ਲਅੰਦਾਜ਼ੀ ਕਰ ਰਹੀ ਹੈ।
ਰਾਜਪਾਲ ਨੇ ਕਿਹਾ ਕਿ ਚਾਂਸਲਰ ਹੋਣ ਦੇ ਨਾਤੇ ਕੁੱਝ ਵੀ ਗ਼ਲਤ ਹੋਣ ’ਤੇ ਉਹ ਬੋਲਣਗੇ। ਉਨ੍ਹਾਂ ਸਿੱਧੇ ਤੌਰ `ਤੇ ਕਿਹਾ ਕਿ ਉਹ ਉਪ ਕੁਲਪਤੀ ਦੀ ਨਿਯੁਕਤੀ ਦੇ ਮਾਮਲੇ ’ਚ ਪਿਛਾਂਹ ਹਟਣ ਵਾਲੇ ਨਹੀਂ ਹਨ। ਉਨ੍ਹਾਂ ਆਪਣੇ ਤਜਰਬੇ ਦੀ ਗੱਲ ਰੱਖਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਇਸ ਤਜਰਬੇ ਤੋਂ ਕੁਝ ਸਿੱਖਣਾ ਚਾਹੀਦਾ ਹੈ। ਇਸਦੇ ਨਾਲ ਹੀ ਰਾਜਪਾਲ ਨੇ ਪੰਜਾਬ ਸਰਕਾਰ ਨੂੰ ਸੂਬੇ ਦੇ ਸੰਵਿਧਾਨਕ ਮੁਖੀ ਹੋਣ ਦਾ ਵੀ ਚੇਤਾ ਕਰਾਇਆ।
ਇਹ ਵੀ ਪੜ੍ਹੋ : ਪੀਏਯੂ ਦੇ ਉਪ ਕੁਲਪਤੀ ਦੀ ਨਿਯੁਕਤੀ ਦਾ ਮਾਮਲਾ ਭੱਖਿਆ, ਪੰਜਾਬ ਦੇ ਮੁੱਖ ਮੰਤਰੀ ਤੇ ਰਾਜਪਾਲ ਦਰਮਿਆਨ ਤਲਖ਼ੀ
ਦੱਸ ਦੇਈਏ ਕਿ ਰਾਜਪਾਲ ਨੇ 18 ਅਕਤੂਬਰ ਨੂੰ ਪੀਏਯੂ ਦੇ ਵੀਸੀ ਦੀ ਨਿਯੁਕਤੀ ਰੱਦ ਕਰਨ ਵਾਸਤੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ। ਜਿਸ `ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਦੀ ਕਾਰਵਾਈ ਨੂੰ ‘ਗੈਰ-ਸੰਵਿਧਾਨਕ’ ਕਰਾਰ ਦਿੰਦਿਆਂ ਸ਼ਬਦੀ ਪਲਟਵਾਰ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਪੀਏਯੂ (PAU) ਦੇ ਵਾਈਸ ਚਾਂਸਲਰ ਡਾ. ਗੋਸਲ ਦੀ ਨਿਯੁਕਤੀ ਬਕਾਇਦਾ ਕਾਨੂੰਨੀ ਪ੍ਰਕਿਰਿਆ ਤਹਿਤ ਹੋਈ ਹੈ, ਜਿਸ ਕਰਕੇ ਉਨ੍ਹਾਂ ਨੂੰ ਬਦਲਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
Summary in English: Governor of Punjab openly came to the fray against the 'AAP' government, announced to take legal advice