Paddy Purchase: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੁਪਰੀਮੋ ਮੁੱਖ ਮੰਤਰੀ ਭਗਵੰਤ ਮਾਨ ਹਰ ਵਰਗ ਦਾ ਧਿਆਨ ਰੱਖਦੇ ਹੋਏ ਜੰਗੀ ਪੱਧਰ 'ਤੇ ਕੰਮ ਕਰ ਰਹੇ ਹਨ। ਅਜਿਹੇ ਵਿੱਚ ਮੁੱਖ ਮੰਤਰੀ ਵੱਲੋਂ ਦੇਸ਼ ਦਾ ਪੇਟ ਭਰਨ ਵਾਲੇ ਅੰਨਦਾਤਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਕਾਰਨ ਅੱਜ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ’ਤੇ ਸਰਕਾਰ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ, ਜਿਸ ਲਈ ਪੁਖਤਾ ਪ੍ਰਬੰਧ ਵੀ ਕਰ ਲਏ ਗਏ ਹਨ।
Preparations for the Purchase of Paddy: ਕਿਸਾਨ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ, ਅਜਿਹੇ 'ਚ 1 ਅਕਤੂਬਰ ਯਾਨੀ ਅੱਜ ਤੋਂ ਸ਼ੁਰੂ ਹੋਈ ਖਰੀਫ ਮਾਰਕੀਟਿੰਗ ਸੀਜ਼ਨ 2022-23 ਦੌਰਾਨ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਲਈ ਪੱਖ ਇੰਤਜ਼ਾਮ ਕੀਤੇ ਗਏ ਹਨ। ਇਹ ਜਾਣਕਾਰੀ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤੀ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਖਰੀਫ ਸੀਜਨ 2022-23 ਦੌਰਾਨ ਸਮੂਹ ਖਰੀਦ ਏਜੰਸੀਆਂ ਵੱਲੋਂ ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਘੱਟੋ ਘਟ ਸਮਰਥਨ ਮੂਲ ਰੁ. 2060/- ਪ੍ਰਤੀ ਕੁਇੰਟਲ ਝੋਨਾ ਗ੍ਰੇਡ-ਏ ਅਤੇ ਰੁ. 2040/- ਪ੍ਰਤੀ ਕੁਇੰਟਲ ਝੋਨਾ ਕਾਮਨ ਵਰਾਇਟੀ ਤੇ ਖਰੀਦ ਕੀਤੀ ਜਾਵੇਗੀ।
ਝੋਨੇ ਦੀ ਖਰੀਦ ਦਾ ਟੀਚਾ
ਝੋਨੇ ਦੀ ਖਰੀਦ ਮਿਤੀ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਜੋ ਕਿ ਮਿਤੀ 30 ਅਕਤੂਬਰ ਤੱਕ ਚੱਲੇਗੀ। ਭਾਰਤ ਸਰਕਾਰ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਲਈ ਕੁੱਲ 184.45 ਲੱਖ ਮੀ.ਟਨ ਝੋਨੇ ਦੀ ਖਰੀਦ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਜਦੋਂਕਿ ਸੂਬਾ ਸਰਕਾਰ ਵੱਲੋਂ ਕੁੱਲ 191 ਲੱਖ ਮੀ.ਟਨ ਝੋਨੇ ਦੀ ਖਰੀਦ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ
ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਤੇ ਮੰਡੀਵਾਈਜ਼ ਸ਼ਿਕਾਇਤ ਨਿਵਾਰਨ ਕਮੇਟੀਆਂ ਬਣਾਈਆ ਗਈਆਂ ਹਨ, ਜੋ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ।
ਗੈਰ ਕਾਨੂੰਨੀ ਆਮਦ ਰੋਕਣ ਲਈ ਨਾਕੇ ਸਥਾਪਿਤ
ਇਸ ਮੌਕੇ ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਖਰੀਦ ਤੋਂ ਬਚਣ ਲਈ ਅੰਤਰ ਰਾਜੀ ਬੈਰੀਅਰਾਂ ਤੇ ਨਾਕੇ ਲਗਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਦੇ ਪੱਧਰ ਤੇ ਉੜਣ ਦਸਤਿਆਂ ਦਾ ਗਠਨ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਰੋਜਾਨਾ ਜਿਲ੍ਹੇ ਦੀਆਂ ਮੰਡੀਆਂ ਵਿੱਚ ਆ ਰਹੇ ਝੋਨੇ ਦੀ ਆਮਦ ਦੀ ਨਿਗਰਾਨੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਆਟਾ-ਦਾਲ ਸਕੀਮ 'ਤੇ ਹਾਈਕੋਰਟ ਨੇ ਮੁੜ ਲਾਈ ਰੋਕ
ਫਸਲ ਸੁਕਾ ਕੇ ਮੰਡੀ 'ਚ ਲਿਆਉਣ ਦੀ ਅਪੀਲ
ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਨੂੰ ਸੁਕਾ ਕੇ ਹੀ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਮੰਡੀ ਵਿੱਚ ਆ ਕੇ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਦੱਸ ਦੇਈਏ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਮੰਡੀਆਂ ਵਿੱਚ ਬਿਜਲੀ, ਪਾਣੀ, ਸਫ਼ਾਈ ਸਮੇਤ ਲੋੜੀਂਦੇ ਪ੍ਰਬੰਧ ਕੀਤੇ ਹਨ।
Summary in English: Paddy purchase starting today, appeal to farmers to dry the crop and bring it to the market