Sidhu Moosewala Murder: ਮਸ਼ਹੂਰ ਪੰਜਾਬੀ ਗਾਇਕ, ਰੈਪਰ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਹਮਲਾਵਰਾਂ ਨੇ ਏ.ਕੇ.47 ਤੋਂ ਸਿੱਧੂ ਮੂਸੇਵਾਲਾ ਅਤੇ ਉਸਦੇ ਦੋ ਸਾਥੀਆਂ 'ਤੇ 30 ਰਾਉਂਡ ਫਾਇਰ ਕੀਤੇ। ਗੰਭੀਰ ਹਾਲਤ ਵਿੱਚ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
Sidhu Moose wala Shot Dead: ਆਪਣੇ ਗੀਤਾਂ ਰਾਹੀਂ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੇ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਨੇ ਪੰਜਾਬ ਵਿੱਚ ਹਲਚਲ ਮਚਾ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਮਾਨਸਾ ਦੇ ਪਿੰਡ ਜਵਾਹਰਕੇ 'ਚ ਅਣਪਛਾਤੇ ਹਮਲਾਵਰਾਂ ਨੇ ਸਿੱਧੂ ਮੂਸੇਵਾਲਾ 'ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ 'ਤੇ 30 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਹਮਲੇ 'ਚ ਦੋ ਹੋਰ ਲੋਕ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆਹੈ। ਦੱਸ ਦਈਏ ਕਿ ਜਾਨਲੇਵਾ ਹਮਲੇ ਦੌਰਾਨ ਸਿੱਧੂ ਮੂਸੇਵਾਲਾ ਖੁਦ ਗੱਡੀ ਚਲਾ ਰਹੇ ਸਨ। ਹੈਰਾਨੀ ਦੀ ਗੱਲ ਇਹ ਹੈ ਕਿ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਹੀ ਪੰਜਾਬ ਦੀ 'ਆਪ' ਸਰਕਾਰ ਨੇ ਮੂਸੇਵਾਲਾ ਸਮੇਤ 424 ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈ ਲਈ ਸੀ।
ਸਿਵਲ ਸਰਜਨ ਨੇ ਦਿੱਤੀ ਜਾਣਕਾਰੀ
ਮਾਨਸਾ ਹਸਪਤਾਲ ਦੇ ਸਿਵਲ ਸਰਜਨ ਡਾਕਟਰ ਰਣਜੀਤ ਰਾਏ ਨੇ ਦੱਸਿਆ ਕਿ ਹਸਪਤਾਲ ਵਿੱਚ ਤਿੰਨ ਵਿਅਕਤੀਆਂ ਨੂੰ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚੋਂ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ। ਮੁੱਢਲੀ ਸਹਾਇਤਾ ਤੋਂ ਬਾਅਦ ਦੋਵਾਂ ਜ਼ਖ਼ਮੀਆਂ ਨੂੰ ਅਗਲੇਰੇ ਇਲਾਜ ਲਈ ਉੱਚ ਸੰਸਥਾ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ।
ਬੀਤੇ ਦਿਨ ਹੀ ਪੰਜਾਬ ਸਰਕਾਰ ਨੇ ਗਾਇਕ ਤੋਂ ਵਾਪਿਸ ਲਈ ਸੀ ਸੁਰੱਖਿਆ
ਜਿਕਰਯੋਗ ਹੈ ਕਿ ਮੂਸੇਵਾਲਾ ਨੂੰ ਗੈਂਗਸਟਰਾਂ ਤੋਂ ਧਮਕੀਆਂ ਮਿਲੀਆਂ ਸਨ। ਇਸ ਦੇ ਬਾਵਜੂਦ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ ਇੱਕ ਦਿਨ ਪਹਿਲਾਂ ਮੂਸੇਵਾਲਾ ਸਮੇਤ 424 ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈ ਲਈ ਸੀ। ਦੱਸ ਦਈਏ ਕਿ ਮੂਸੇਵਾਲਾ ਨੇ ਆਮ ਆਦਮੀ ਪਾਰਟੀ ਦੇ ਵਿਜੇ ਸਿੰਗਲਾ ਵਿਰੁੱਧ ਕਾਂਗਰਸ ਦੀ ਟਿਕਟ 'ਤੇ ਪੰਜਾਬ ਵਿਧਾਨ ਸਭਾ ਚੋਣ ਲੜੀ ਸੀ ਅਤੇ ਮਾਨਸਾ ਸੀਟ ਤੋਂ ਵਿਜੇ ਸਿੰਗਲਾ ਨੇ ਮੂਸੇਵਾਲਾ ਨੂੰ 63,323 ਵੋਟਾਂ ਨਾਲ ਹਰਾਇਆ ਸੀ।
ਦੋ ਹਮਲਾਵਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ
ਪ੍ਰਾਪਤ ਜਾਣਕਾਰੀ ਅਨੁਸਾਰ ਮੂਸੇਵਾਲਾ ਆਪਣੇ ਦੋ ਸਾਥੀਆਂ ਨਾਲ ਕਾਰ ਰਾਹੀਂ ਕਿਤੇ ਜਾ ਰਹੇ ਸਨ। ਇਸ ਦੌਰਾਨ ਕਾਲੇ ਰੰਗ ਦੀ ਕਾਰ 'ਚ ਸਵਾਰ ਦੋ ਵਿਅਕਤੀਆਂ ਨੇ ਸਿੰਗਰ ਤੇ ਉਸ ਦੇ ਸਾਥੀਆਂ 'ਤੇ ਕਈ ਰਾਊਂਡ ਫਾਇਰ ਕੀਤੇ। ਫਿਲਹਾਲ, ਪੁਲਿਸ ਨੇ ਸਿੰਗਰ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਅਜੇ ਤੱਕ ਮੁਲਜ਼ਮਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਸ ਘਟਨਾ ਵਿੱਚ ਸ਼ਾਮਲ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਟਵੀਟ ਕਰਕੇ ਲਿਖਿਆ, "ਸਿੱਧੂ ਮੂਸੇਵਾਲਾ ਦੇ ਘਿਨਾਉਣੇ ਕਤਲ ਤੋਂ ਹੈਰਾਨ ਅਤੇ ਦੁਖੀ ਹਾਂ। ਇਸ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਮੇਰੇ ਵਿਚਾਰ ਅਤੇ ਦੁਆਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਵਿੱਚ ਮੌਜੂਦ ਉਨ੍ਹਾਂ ਦੇ ਪ੍ਰਸ਼ੰਸਕਾਂ ਨਾਲ ਹਨ। ਮੈਂ ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ। ."
ਪੰਜਾਬ ਦੇ ਕਾਨੂੰਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਪੰਜਾਬ ਸਰਕਾਰ 'ਚ ਕਾਨੂੰਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਕਿਹਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਮੈਨੂੰ ਆਪਣੇ ਮੁੱਖ ਮੰਤਰੀ 'ਤੇ ਪੂਰਾ ਭਰੋਸਾ ਹੈ। ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ, ''ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੀ ਖਬਰ ਸੁਣ ਕੇ ਦੁੱਖ ਹੋਇਆ। ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਮੈਨੂੰ ਆਪਣੇ ਮੁੱਖ ਮੰਤਰੀ 'ਤੇ ਪੂਰਾ ਭਰੋਸਾ ਹੈ।''
ਇਹ ਵੀ ਪੜ੍ਹੋ: ਐਕਸ਼ਨ ਮੋਡ ਵਿੱਚ ਮਾਨ ਸਰਕਾਰ! ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਕੱਢਿਆ ਬਾਹਰ!
ਮਨਜਿੰਦਰ ਸਿੰਘ ਸਿਰਸਾ ਦਾ ਟਵੀਟ
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਕਾਬੂ ਤੋਂ ਬਾਹਰ ਹੋ ਗਈ ਹੈ। ਉਸ ਤੋਂ ਬਾਅਦ ਵੀ ਪੰਜਾਬੀ ਗਾਇਕ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ। ਮੂਸੇਵਾਲਾ ਨੇ ਪੰਜਾਬ ਦਾ ਮਾਣ ਵਧਾਇਆ, ਪਰ ਉਹ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਘਟੀਆ ਰਾਜਨੀਤੀ ਦਾ ਸ਼ਿਕਾਰ ਹੋ ਗਿਆ।
ਕੈਪਟਨ ਅਮਰਿੰਦਰ ਸਿੰਘ ਦੀ ਪ੍ਰਤੀਕਿਰਿਆ
ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਹੈਰਾਨ ਕਰਨ ਵਾਲਾ ਹੈ। ਦੁਖੀ ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ।@AAPPunjab, ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਪੰਜਾਬ 'ਚ ਕੋਈ ਵੀ ਸੁਰੱਖਿਅਤ ਨਹੀਂ ਹੈ!
ਮਾਨਸਾ ਦੇ ਐਸਐਸਪੀ ਨੇ ਦੱਸਿਆ
ਮਾਨਸਾ ਦੇ ਐਸਐਸਪੀ ਨੇ ਇਸ ਘਟਨਾ ਨੂੰ ਗੈਂਗ ਵਾਰ ਦੱਸਿਆ ਹੈ। ਉਨ੍ਹਾਂ ਮੁਤਾਬਕ ਸਿੱਧੂ ਮੂਸੇਵਾਲਾ ਸੁਰੱਖਿਆ ਵਿੱਚ ਤਾਇਨਾਤ ਗੰਨਮੈਨ ਦੇ ਨਾਲ ਨਹੀਂ ਗਿਆ ਸੀ। ਬੋਲੈਰੋ ਸਮੇਤ ਦੋ ਗੱਡੀਆਂ ਪਿੱਛੇ ਆ ਰਹੀਆਂ ਸਨ। ਜਿਵੇਂ ਹੀ ਉਹ ਪਿੰਡ ਪਹੁੰਚੇ ਤਾਂ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ। ਲੱਗਦਾ ਹੈ ਕਿ ਏ.ਕੇ.-47 ਦੀ ਵਰਤੋਂ ਕੀਤੀ ਗਈ ਹੈ। ਮੌਕੇ ਤੋਂ 9 ਐਮਐਮ ਪਿਸਤੌਲ ਦੇ ਖੋਲ ਮਿਲੇ ਹਨ। ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਦੱਸਿਆ ਕਿ ਮੂਸੇਵਾਲਾ ਆਪਣੇ ਦੋਸਤ ਅਤੇ ਚਚੇਰੇ ਭਰਾ ਨਾਲ ਕਿਤੇ ਜਾ ਰਿਹਾ ਸਨ।
Summary in English: Sidhu Moose wala Shot Dead: Famous Punjabi Singer Sidhu Mossewala Shot Dead!