ਸੂਬੇ ਦੀ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਮੁੜ ਸਰਗਰਮ ਹੋਈ 'ਆਪ' ਸਰਕਾਰ, ਜ਼ਮੀਨਾਂ ਤੋਂ ਕਬਜ਼ੇ ਹਟਾਉਣ ਲਈ ਵਿੱਢੀ ਮੁਹਿੰਮ...
Illegal Encroachments: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਵਾਸੀਆਂ ਨੂੰ ਹਰ ਮੁੱਢਲੀ ਸਹੂਲਤ ਦੇਣ ਲਈ ਯਤਨਸ਼ੀਲ ਹੈ, ਜਿਸ ਕਾਰਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕੀਤਾ ਜਾ ਰਿਹਾ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਦੂਜਾ ਪੜਾਅ ਸ਼ੁਰੂ ਕਰਨ ਜਾ ਰਹੀ ਹੈ। ਪੂਰੀ ਖ਼ਬਰ ਜਾਣਨ ਲਈ ਪੜ੍ਹੋ ਇਹ ਖ਼ਬਰ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ। ਇਹ ਕਹਿਣਾ ਹੈ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ।
ਉਨ੍ਹਾਂ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਚਲਾਈ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ ਅਤੇ ਹੁਣ ਦੂਜਾ ਫੇਜ ਛੇਤੀ ਹੀ ਸ਼ੁਰੂ ਹੋਣ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਨੀਤੀ ਆਯੋਗ ਦਾ ਸਹਿਯੋਗ ਜ਼ਰੂਰੀ: ਧਾਲੀਵਾਲ
ਤੁਹਾਨੂੰ ਦੱਸ ਦੇਈਏ ਕਿ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੰਗਲਵਾਰ ਨੂੰ ਵਿਕਾਸ ਭਵਨ, ਐਸ.ਏ.ਐਸ. ਨਗਰ ਵਿਖੇ ਆਯੋਜਿਤ ਹਫਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਪਹੁੰਚੇ ਸਨ। ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਹਰ ਹਾਲਤ ਵਿੱਚ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾਣਗੀਆਂ ਅਤੇ ਇਸ ਸੰਬੰਧੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਇਲਾਵਾ ਅਧਿਕਾਰੀਆਂ ਨੂੰ ਕੁਝ ਹੁਕਮ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਅਧਿਕਾਰੀ ਬਿਨਾਂ ਕਿਸੇ ਦੇਰੀ ਤੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਮੁਲਾਜ਼ਮਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਮੁਲਾਜ਼ਮਾਂ ਨੂੰ ਨਹੀਂ ਬਖ਼ਸ਼ੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਮਿਥਿਆ ਟੀਚਾ, ਹੁਣ ਹਰ ਸਾਲ ਪੰਜਾਬ ਪੁਲਿਸ 'ਚ ਹੋਣਗੀਆਂ ਭਰਤੀਆਂ
ਇਸ ਮੌਕੇ ਧਾਲੀਵਾਲ ਨੇ ਲੋਕਾਂ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਥਾਵਾਂ 'ਤੇ ਨਹੀਂ ਜਾ ਸਕਦਾ ਹੈ, ਤਾਂ ਉਹ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰ ਸਕਦਾ ਹੈ। ਮੰਤਰੀ ਨੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਜ਼ਿਆਦਾਤਰ ਸ਼ਿਕਾਇਤਾਂ ਪੰਚਾਇਤੀ ਜ਼ਮੀਨਾਂ ਨਾਲ ਸਬੰਧਤ ਆ ਰਹੀਆਂ ਹਨ, ਜਿਨ੍ਹਾਂ ਦਾ ਬਿਨ੍ਹਾ ਦੇਰੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਨੇ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਮਸਲਿਆਂ ਨੂੰ ਤੁਰੰਤ ਅਤੇ ਤਸੱਲੀਬਖਸ਼ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ 16, 19, 23, 26 ਅਤੇ 30 ਦਸੰਬਰ 2022 ਨੂੰ ਕ੍ਰਮਵਾਰ ਜਲੰਧਰ, ਐਸ.ਏ.ਐਸ ਨਗਰ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਸਮੇਤ ਪੰਜ ਥਾਵਾਂ 'ਤੇ 'ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ ਕਰਵਾਉਣ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
Summary in English: The Punjab government has relaunched the campaign against illegal encroachments